ਰਜਬ ਅਲੀ ਘੜੀ ਵਿੱਚ ਉੜਾਤੀ ਗਰਦ ਐ
ਆਖਰ ਸ਼ਰਮ ਜੀਹਦੇ ਜਾਣੋ ਮਰਦ ਐ
ਘੁੱਕਰ ਮੱਲ ਨੂੰ ਗੋਲੀਆਂ ਨਾਲ ਭੁੰਨ ਕੇ ਸੁੱਚੇ ਨੇ ਭਾਗ ਨੂੰ ਆ ਘੇਰਿਆ ਤੇ ਉਸ ਦੇ ਗੋਲੀ ਮਾਰ ਦਿੱਤੀ। ਇਸ ਮਗਰੋਂ ਉਹਨੇ ਘਰੋਂ ਜਾ ਕੇ ਬੀਰੇ ਨੂੰ ਧੂਹ ਲਿਆਂਦਾ ਤੇ ਦੋਹਾਂ ਲੋਥਾਂ ਕੋਲ ਲਿਆ ਕੇ ਉਹਨੂੰ ਵੀ ਪਾਰ ਬੁਲਾ ਦਿੱਤਾ। ਤਿੰਨਾਂ ਨੂੰ ਮਾਰਨ ਮਗਰੋਂ ਸੁੱਚਾ ਬੱਕਰ ਬੁਲਾਉਂਦਾ ਹੋਇਆ ਬੋਤੇ 'ਤੇ ਸਵਾਰ ਹੋ ਕੇ ਫਰਾਰ ਹੋ ਗਿਆ। ਸਾਰੇ ਇਲਾਕੇ ਵਿੱਚ 'ਸੁੱਚਾ' 'ਸੁੱਚਾ" ਹੋਣ ਲੱਗੀ। ਇਕ ਪਠਾਣ ਉਹਦਾ ਪਿੱਛਾ ਕਰਦਾ ਹੋਇਆ ਆਪਣੀ ਜਾਨ ਗਵਾ ਬੈਠਾ। ਪੁਲੀਸ ਦੇ ਉਹ ਹੱਥ ਨਾ ਲੱਗਾ ਤੇ ਬੀਕਾਨੇਰ ਦੇ ਇਲਾਕੇ ਵਿੱਚ ਡਾਕੂਆਂ ਨਾਲ ਜਾ ਰਲਿਆ। ਡਾਕੂ ਦੇ ਰੂਪ ਵਿੱਚ ਉਹਦੀ ਧਾਂਕ ਪੈ ਗਈ। ਕਈ ਰੱਜੋ ਪੁੱਜੇ ਸੂਦਖੋਰ ਸ਼ਾਹੂਕਾਰ ਉਹਨੇ ਲੁੱਟੇ। ਉਹ ਗ਼ਰੀਬ ਦਾ ਦਰਦੀ ਸੀ, ਲੁੱਟ ਦਾ ਮਾਲ ਉਹ ਗ਼ਰੀਬਾਂ ਵਿੱਚ ਵੰਡ ਦਿੰਦਾ। ਉਹਦੀ ਬਹਾਦਰੀ ਦੀਆਂ ਧੁੰਮਾਂ ਪਈਆਂ ਹੋਈਆਂ ਸਨ ਜਿਸ ਕਰਕੇ ਪੁਲੀਸ ਉਹਦੇ ਨਾਲ ਟਾਕਰਾ ਕਰਨੋਂ ਕੰਨੀ ਕਤਰਾਉਂਦੀ ਸੀ। ਉਹ ਆਮ ਲੋਕਾਂ ਦੇ ਘਰੀਂ ਜਾ ਲੁਕਦਾ। ਇਕ ਦਿਨ ਉਹਨੇ ਇਕ ਮਾਈ ਦੇ ਆਖਣ 'ਤੇ ਪੰਜ ਬੁੱਚੜਾਂ ਨੂੰ ਮਾਰ ਕੇ ਕਈ ਗਊਆਂ ਦੀ ਜਾਨ ਬਚਾਈ। ਸਾਰੇ ਇਲਾਕੇ ਵਿੱਚ ਸੁੱਚੇ ਦੀ ਬੱਲੇ ਬੱਲੇ ਸੀ। ਉਹ ਲੁਕਵੇਂ ਰੂਪ ਵਿੱਚ ਆਪਣੇ ਇਲਾਕੇ ਵਿੱਚ ਗੇੜਾ ਮਾਰਦਾ। ਇਕ ਦਿਨ ਉਹਦੇ ਚਾਚੇ ਦੇ ਪੁੱਤ ਬਸੰਤ ਨੇ ਜੋ ਗਹਿਰੀ ਦਾ ਰਹਿਣ ਵਾਲਾ ਸੀ, ਸੁੱਚੇ ਅੱਗੇ ਆ ਦੁੱਖ ਰੋਇਆ ਕਿ ਉਹਦੀ ਚਾਚੀ ਰਾਜੋ ਉਸੇ ਪਿੰਡ ਦੇ ਇਕ ਵੈਲੀ ਜੱਟ ਗੱਜਣ ਨੇ ਧੱਕੇ ਨਾਲ ਸਾਂਭੀ ਹੋਈ ਹੈ। ਗਹਿਰੀ ਜਾ ਕੇ ਸੁੱਚੇ ਨੇ ਖੇਤਾਂ ਵਿੱਚ ਹਾੜ੍ਹੀ ਵੱਢਦੇ ਗੱਜਣ ਨੂੰ ਜਾ ਗੋਲੀ ਮਾਰੀ ਤੇ ਮਗਰੋਂ ਰਾਜੇ ਨੂੰ ਵੀ ਗੋਲੀਆਂ ਨਾਲ ਭੁੰਨ ਦਿੱਤਾ।
ਅਣਖੀਲੇ ਸੂਰਮੇ ਸੁੱਚਾ ਸਿੰਘ ਦੀ ਬਹਾਦਰੀ ਦੇ ਚਰਚੇ ਸਾਰੇ ਇਲਾਕੇ ਵਿੱਚ ਹੈ ਰਹੇ ਸਨ। ਨਮੋਸ਼ੀ ਦੀ ਮਾਰੀ ਪੁਲੀਸ ਉਸ ਨੂੰ ਫੜਣੋਂ ਅਸਮਰਥ ਸੀ। ਸਰਕਾਰ ਨੇ ਸੁੱਚੇ ਨੂੰ ਫੜਾਉਣ ਲਈ ਇਨਾਮ ਵੀ ਐਲਾਨਿਆ ਹੋਇਆ ਸੀ।
ਲਾਲਚ ਮਿੱਤਰਾਂ ਨੂੰ ਡੁਲ੍ਹਾ ਦਿੰਦਾ ਹੈ। ਆਖ਼ਰ ਇਕ ਦਿਨ ਲਾਲਚ-ਵਸ ਸੁੱਚੇ ਦੇ ਮਿੱਤਰ ਮਹਾਂ ਸਿੰਘ ਨੇ, ਜਦੋਂ ਉਹ ਸੰਗਤਪੁਰ ਉਹਦੇ ਘਰ ਸੁੱਤਾ ਹੋਇਆ ਸੀ, ਪੁਲੀਸ ਨੂੰ ਬੁਲਾ ਕੇ ਉਹਨੂੰ ਫੜਾ ਦਿੱਤਾ। ਨਿਹੱਥਾ ਸੂਰਮਾ ਕਚੀਚੀਆਂ ਵੱਟਦਾ ਰਹਿ ਗਿਆ।
ਮੁਕੱਦਮਾ ਚੱਲਿਆ। ਪਟਿਆਲੇ ਦੇ ਰਾਜੇ ਨੇ ਉਸ ਨੂੰ ਫਾਂਸੀ ਦੀ ਸਜਾ ਸੁਣਾ ਦਿੱਤੀ। ਪੰਜਾਬ ਦਾ ਅਣਖੀਲਾ ਗੱਭਰੂ ਹੱਸਦਾ-ਹੱਸਦਾ ਫਾਂਸੀ 'ਤੇ ਲਟਕ ਗਿਆ ਤੇ ਲੋਕ-ਕਵੀਆਂ ਨੇ ਇਸ ਸੂਰਮੇ ਦੀ ਜੀਵਨ ਕਹਾਣੀ ਨੂੰ ਕਿੱਸਿਆ ਦੇ ਰੂਪ ਵਿੱਚ ਸਾਂਭ ਲਿਆ। ਰੀਠਾ ਦੀਨ, ਰਜਬ ਅਲੀ, ਗੁਰਮੁਖ ਸਿੰਘ ਬੇਦੀ, ਸ਼ਿਆਮ ਸਿੰਘ ਤੇ ਛੱਜੂ ਸਿੰਘ ਨੇ ਸੁੱਚਾ ਸਿੰਘ ਸੂਰਮੇ ਬਾਰੇ ਕਿੱਸੇ ਰਚੇ ਹਨ ਜਿੰਨ੍ਹਾਂ ਨੂੰ ਅੱਜ ਵੀ ਪੰਜਾਬ ਦੇ ਲੋਕ ਬੜੇ ਚਾਵਾਂ ਨਾਲ ਪੜ੍ਹ ਕੇ ਆਨੰਦ ਮਾਣਦੇ ਹਨ ਅਤੇ ਅਣਖੀ ਸੂਰਮੇ ਨੂੰ ਸੋਆਂ ਸਲਾਮਾਂ ਕਰਦੇ ਹਨ।