

ਬਰਸੈ ਅੰਮ੍ਰਿਤ ਧਾਰ ਬੂੰਦ ਸੁਹਾਵਣੀ॥
ਸਾਜਨ ਮਿਲੇ ਸਹਜਿ ਸੁਭਾਇ ਹਰਿ ਸਿਉ ਪ੍ਰੀਤਿ ਬਣੀ॥
ਹਰਿ ਮੰਦਰਿ ਆਵੈ ਜਾ ਪ੍ਰਭ ਭਾਵੈ ਧਨ ਉਭੀ ਗੁਣ ਸਾਰੀ॥
ਘਰਿ ਘਰਿ ਕੰਤੁ ਰਵੈ ਸੋਹਾਗਣਿ ਹਉ ਕਿਉ ਕੰਤਿ ਵਿਸਾਰੀ॥
ਉਨਵਿ ਘਨ ਛਾਏ ਬਰਸੁ ਸੁਭਾਏ ਮਨਿ ਤਨਿ ਪ੍ਰੇਮੁ ਸੁਖਾਵੈ॥
ਨਾਨਕ ਵਰਸੈ ਅੰਮ੍ਰਿਤ ਬਾਣੀ ਕਰਿ ਕਿਰਪਾ ਘਰਿ ਆਵੈ॥੪॥
ਚੇਤੁ ਬਸੰਤੁ ਭਲਾ ਭਵਰ ਸੁਹਾਵੜੇ॥
ਬਨ ਫੂਲੇ ਮੰਝਿ ਬਾਰਿ ਮੈ ਪਿਰੁ ਘਰਿ ਬਾਹੁੜੇ॥ ਪਿਰੁ ਘਰਿ ਨਹੀ
ਆਵੈ ਧਨ ਕਿਉ ਸੁਖੁ ਪਾਵੈ ਬਿਰਹਿ ਬਿਰੋਧ ਤਨੁ ਛੀਜੈ॥
ਕੋਕਿਲ ਅੰਬਿ ਸੁਹਾਵੀ ਬੋਲੈ ਕਿਉ ਦੁਖੁ ਅੰਕਿ ਸਹੀਜੈ॥
ਭਵਰੁ ਭਵੰਤਾ ਫੂਲੀ ਡਾਲੀ ਕਿਉ ਜੀਵਾ ਮਰੁ ਮਾਏ॥
ਨਾਨਕ ਚੇਤਿ ਸਹਜਿ ਸੁਖੁ ਪਾਵੈ ਜੇ ਹਰਿ ਵਰੁ ਘਰਿ ਧਨ ਪਾਏ॥੫॥
ਵੈਸਾਖੁ ਭਲਾ ਸਾਖਾ ਵੇਸ ਕਰੇ॥
ਧਨੁ ਦੇਖੈ ਹਰਿ ਦੁਆਰੁ ਆਵਹੁ ਦਇਆ ਕਰੇ॥
ਘਰਿ ਆਵਉ ਪਿਆਰੇ ਦੁਤਰ ਤਾਰੇ ਤੁਧੁ ਬਿਨੁ ਅਢੁ ਨ ਮੋਲੋ॥
ਕੀਮਤਿ ਕਉਣ ਕਰੇ ਤੁਧੁ ਭਾਵਾਂ ਦੇਖਿ ਦਿਖਾਵੈ ਢੋਲੇ॥
ਦੂਰਿ ਨ ਜਾਨਾ ਅੰਤਰਿ ਮਾਨਾ ਹਰਿ ਕਾ ਮਹਲੁ ਪਛਾਨਾ॥
ਨਾਨਕ ਵੈਸਾਖੀ ਪ੍ਰਭੁ ਪਾਵੈ ਸੁਰਤਿ ਸਬਦਿ ਮਨੁ ਮਾਨਾ॥੬॥
ਮਾਹੁ ਜੇਠੁ ਭਲਾ ਪ੍ਰੀਤਮੁ ਕਿਉ ਬਿਸਰੈ॥
ਥਲ ਤਾਪਹਿ ਸਰ ਭਾਰ ਸਾ ਧਨ ਬਿਨਉ ਕਰੈ॥
ਧਨ ਬਿਨਉ ਕਰੇਦੀ ਗੁਣ ਸਾਰੇਦੀ ਗੁਣ ਸਾਰੀ ਪ੍ਰਭ ਭਾਵਾ॥
ਸਾਚੈ ਮਹਲਿ ਰਹੈ ਬੈਰਾਗੀ ਆਵਣ ਦੇਹਿ ਤ ਆਵਾ॥
ਨਿਮਾਣੀ ਨਿਤਾਣੀ ਹਰਿ ਬਿਨੁ ਕਿਉ ਪਾਵੈ ਸੁਖ ਮਹਲੀ॥
ਨਾਨਕ ਜੇਠਿ ਜਾਣੈ ਤਿਸੁ ਜੈਸੀ ਕਰਮਿ ਮਿਲੈ ਗੁਣ ਗਹਿਲੀ॥੭॥