

38
'ਵਾਰਸ' ਬੁੱਲ੍ਹੇ ਵਰਗੇ ਬੈਠੇ, ਹੰਸ ਵਿਸਾਰ ਪੰਜਾਬੀ ਨੇ।
ਕਿਸਰਾਂ ਆਖਾਂ ਮਾਂ ਬੋਲੀ ਦੇ 'ਬਰਖੁਰਦਾਰ' ਪੰਜਾਬੀ ਨੇ।
ਬਾਲਾਂ ਦੇ ਮੂੰਹ ਜਿਹੜੇ ਅੱਖਰ ਚੋਘੇ ਵਾਂਗੂੰ ਦੇਣੇ ਸਨ,
ਉਹਨਾਂ ਬਦਲੇ ਫੜ ਫੜ ਓਬੜ ਤੁੰਨਦੇ ਯਾਰ ਪੰਜਾਬੀ ਨੇ।
ਅੱਚਣਚੇਤੀ ਵੀ ਨਾ ਲਾਵੀਂ ਮੇਰੇ ਮੱਥੇ ਉਹਨਾਂ ਨੂੰ,
ਜਿਹੜੇ ਵੀ ਇਸ ਧਰਤੀ ਉੱਤੇ ਬਦਬੂਦਾਰ ਪੰਜਾਬੀ ਨੇ।
ਓਧਰ ਓਧਰ ਕਰਾਂ ਸਲਾਮਾਂ ਦਿਲ ਦੀ ਦੁਨੀਆਂ ਕਹਿੰਦੀ ਏ,
ਜਿੱਧਰ ਜਿੱਧਰ ਜਾਂਦੇ ਮੇਰੇ ਬਾਕਿਰਦਾਰ ਪੰਜਾਬੀ ਨੇ।
ਕੰਡ ਕਦੇ ਨਾ ਲੱਗੇ ਰੱਬਾ ਵਿੱਚ ਮੈਦਾਨੇ ਉਹਨਾਂ ਦੀ,
ਜਿਹੜੇ ਆਪਣੀ ਮਾਂ ਬੋਲੀ ਦੇ ਖਿਦਮਤਗਾਰ ਪੰਜਾਬੀ ਨੇ।
ਖਵਾਜਾ 'ਫਰੀਦ', ਮੁਹੰਮਦ, ਵਾਰਸ, ਨਾਨਕ, ਬੁੱਲ੍ਹਾ, ਬਾਹੂ, ਲਾਲ,
ਇਹ ਪੰਜਾਬੀ ਸੁੱਚੇ ਉੱਚੇ, ਇਹ ਸਰਦਾਰ ਪੰਜਾਬੀ ਨੇ।
ਆਪਣੀ ਬੋਲੀ ਬੋਲਣ ਵੇਲੇ ਜਿਹਨਾਂ ਦਾ ਸਾਹ ਘੁੱਟਦਾ ਏ,
ਬਾਬਾ ਨਜਮੀਂ ਦੇ ਦੇ ਫਤਵਾ, ਉਹ ਗੱਦਾਰ ਪੰਜਾਬੀ ਨੇ।
-0-