ਭਾਵ
bhaava/bhāva

Definition

(ਦੇਖੋ, ਭੂ ਧਾ) ਸੰ. ਸੰਗ੍ਯਾ- ਸੱਤਾ. ਹੋਂਦ. ਅਸ੍ਤਿਤ੍ਵ। ੨. ਵਿਚਾਰ. ਖ਼ਯਾਲ. "ਸਤਿਆਦਿ ਭਾਵਰਤੰ." (ਗੂਜ ਜੈਦੇਵ) ਸਤ੍ਯ ਸੰਤੋਖ ਆਦਿ ਚਿੱਤ ਦੇ ਉੱਤਮ ਭਾਵਾਂ ਨਾਲ ਹੈ ਜਿਸ ਦੀ ਪ੍ਰੀਤਿ. ਅਥਵਾ ਸਤ ਚਿਤ ਆਦਿ ਜੋ ਭਾਵ (ਆਪਣੇ ਸ੍ਵਰੂਪਭੂਤ ਧਰਮ) ਹਨ, ਉਨ੍ਹਾਂ ਵਿੱਚ ਰਤ (ਰਮਣ ਕਰਦਾ) ਹੈ। ੩. ਅਭਿਪ੍ਰਾਯ. ਮਤਲਬ। ੪. ਜਨਮ. "ਤੱਤ ਸਮਾਧਿ ਸੁ ਭਾਵ ਪ੍ਰਣਾਸੀ." (੩੩ ਸਵੈਯੇ) ਆਵਾਗਮਨ ਦੂਰ ਕਰਨ ਵਾਲਾ। ੫. ਆਤਮਾ। ੬. ਪਦਾਰਥ. ਵਸਤੁ। ੭. ਸੰਸਾਰ. ਜਗਤ। ੮. ਪ੍ਰਕ੍ਰਿਤਿ. ਸ੍ਵਭਾਵ। ੯. ਪ੍ਰਕਾਰ. ਤਰਹ। ੧੦. ਆਦਰ. ਸਨਮਾਨ. ਭਾਉ. "ਰਾਖਤ ਸਭ ਕੋ ਭਾਵ." (ਚਰਿਤ੍ਰ ੧੦੨) ੧੧. ਪ੍ਰੇਮ. "ਭੈ ਭਾਵ ਕਾ ਕਰੇ ਸੀਗਾਰੁ." (ਆਸਾ ਮਃ ੧) ੧੨. ਮਨ ਦੇ ਖ਼ਿਆਲ ਅਨੁਸਾਰ ਅੰਗਾਂ ਦੀ ਚੇਸ੍ਟਾ. "ਕਰੇ ਭਾਵ ਹੱਥੰ." (ਵਿਚਿਤ੍ਰ) ੧੩. ਸ਼ੁੱਧਾ। ੧੪. ਅੰਤਹਕਰਣ ਦੀ ਦਸ਼ਾ ਨੂੰ ਪ੍ਰਗਟ ਕਰਨ ਵਾਲਾ ਮਾਨਸਿਕ ਵਿਕਾਰ (emotion) "ਚੰਚਲਿ ਅਨਿਕ ਭਾਵ ਦਿਖਾਵਏ." (ਬਿਲਾ ਛੰਤ ਮਃ ੫)#"ਆਨਨ ਲੋਚਨ ਵਚਨ ਮਗ ਪ੍ਰਗਟਤ ਮਨ ਕੀ ਬਾਤ,#ਤਾਹੀਂ ਸੋਂ ਸਬ ਕਹਿਤ ਹੈਂ ਭਾਵ ਕਵਿਨ ਕੇ ਤਾਤ."#(ਰਸਿਕਪ੍ਰਿਯਾ)#ਕਵੀਆਂ ਨੇ ਭਾਵ ਦੇ ਪੰਜ ਭੇਦ ਲਿਖੇ ਹਨ, ਯਥਾ-#"ਭਾਵ ਸੁ ਪਾਂਚ ਪ੍ਰਕਾਰ ਕੋ ਸੁਨ ਵਿਭਾਵ ਅਨੁਭਾਵ,#ਅਸਥਾਈ ਸਾਤ੍ਤਿਕ ਕਹੈਂ ਵ੍ਯਭਿਚਾਈ ਕਵਿਰਾਵ."#(ਰਸਿਕਪ੍ਰਿਯਾ)#ਇਨ੍ਹਾਂ ਪੰਜਾਂ ਦਾ ਨਿਰਣਾ ਇਉਂ ਹੈ-#(ੳ) ਵਿਭਾਵ ਉਸ ਨੂੰ ਆਖਦੇ ਹਨ, ਜਿਸ ਤੋਂ ਰਸ ਦੀ ਉਤਪੱਤੀ ਹੁੰਦੀ ਹੈ. ਅੱਗੇ ਉਸ ਦੇ ਦੋ ਭੇਦ ਹਨ, ਆਲੰਬਨ ਅਤੇ ਉੱਦੀਪਨ. ਜਿਸ ਨੂੰ ਆਸ਼੍ਰਯ ਕਰਕੇ ਰਸ ਰਹੇ, ਉਹ ਆਲੰਬਨ ਭਾਵ ਹੈ, ਜੇਹੇ ਕਿ- ਨਾਯਿਕਾ, ਸੁੰਦਰ ਘਰ, ਸੇਜਾ, ਗਾਯਨ, ਨ੍ਰਿਤ੍ਯ ਆਦਿਕ ਸਾਮਾਨ ਹਨ. ਉੱਦੀਪਨ ਵਿਭਾਵ ਉਹ ਹੈ ਜੋ ਰਸ ਨੂੰ ਜਾਦਾ ਚਮਕਾਵੇ, ਜੈਸੇ- ਦੇਖਣਾ, ਬੋਲਣਾ, ਸਪਰਸ਼ ਕਰਨਾ ਆਦਿਕ.#(ਅ) ਆਲੰਬਨ ਅਤੇ ਉੱਦੀਪਨ ਕਰਕੇ ਜੋ ਮਨ ਵਿੱਚ ਪੈਦਾ ਹੋਇਆ ਵਿਕਾਰ, ਉਸ ਦਾ ਸ਼ਰੀਰ ਪੁਰ ਪ੍ਰਗਟ ਹੋਣਾ, "ਅਨੁਭਾਵ" ਹੈ, ਜੈਸੇ ਇੱਕ ਆਦਮੀ ਨੇ ਚੁਭਵੀਂ ਗੱਲ ਆਖੀ, ਸੁਣਨ ਵਾਲੇ ਨੂੰ ਉਸ ਤੋਂ ਕ੍ਰੋਧ ਹੋਇਆ. ਕ੍ਰੋਧ ਤੋਂ ਨੇਤ੍ਰ ਲਾਲ ਹੋ ਗਏ ਅਤੇ ਹੋਠ ਫਰਕਣ ਲੱਗੇ. ਇਸ ਥਾਂ ਸਮਝੋ ਕਿ ਚੁਭਵੀਂ ਗੱਲ ਕਹਿਣ ਵਾਲਾ ਆਲੰਬਨ ਵਿਭਾਲ, ਚੁੱਭਵੀਂ ਬਾਤ ਉੱਦੀਪਨ ਵਿਭਾਵ, ਸੁਣਨ ਵਾਲੇ ਦੀਆਂ ਅੱਖਾਂ ਦਾ ਲਾਲ ਹੋਣਾ ਅਤੇ ਹੋਠ ਫਰਕਣੇ ਅਨੁਭਾਵ ਹੈ. ਜੋ ਚੁੱਭਵੀਂ ਗੱਲ ਕਹਿਣ ਵਾਲੇ ਨੇ ਪਹਿਲਾਂ ਭੀ ਸ਼੍ਰੋਤਾ ਦਾ ਕਦੇ ਅਪਮਾਨ ਕੀਤਾ ਹੈ, ਤਦ ਸੁਣਨ ਵਾਲੇ ਦੇ ਮਨ ਵਿੱਚ ਉਸ ਦਾ ਯਾਦ ਆਉਣਾ ਕ੍ਰੋਧ ਨੂੰ ਹੋਰ ਭੀ ਵਧਾਵੇਗਾ, ਇਸ ਲਈ ਸਿਮ੍ਰਿਤੀ, ਸੰਚਾਰੀਭਾਵ ਹੋ ਜਾਉ.#(ੲ) ਸਥਾਈ ਭਾਵ ਉਹ ਹੈ, ਜੋ ਰਸ ਵਿੱਚ ਸਦਾ ਇਸਥਿਤ ਰਹੇ, ਅਥਵਾ ਇਉਂ ਕਹੋ ਕਿ ਜਿਸ ਦੀ ਇਸਥਿਤੀ ਹੀ ਰਸ ਦੀ ਇਸਥਿਤੀ ਹੈ, ਨੌ ਰਸਾਂ ਦੇ ਨੌ ਹੀ ਸਥਾਈ ਭਾਵ ਹਨ, ਯਥਾ-#"ਰਤਿ ਹਾਸੀ ਅਰੁ ਸ਼ੋਕ ਪੁਨ ਕ੍ਰੋਧ ਉਛਾਹ ਸੁ ਜਾਨ,#ਭਯ ਨਿੰਦਾ ਵਿਸਮਯ ਵਿਰਤਿ ਥਾਈ ਭਾਵ ਪ੍ਰਮਾਨ."#(ਰਸਿਕਪ੍ਰਿਯਾ)#ਸ਼੍ਰਿੰਗਾਰ ਦਾ ਸਥਾਈ ਭਾਵ ਰਤਿ, ਹਾਸ੍ਯਰਸ ਦਾ ਹਾਸੀ. ਕਰੁਣਾਰਸ ਦਾ ਸ਼ੋਕ, ਰੌਦ੍ਰਰਸ ਦਾ ਕ੍ਰੋਧ, ਵੀਰਰਸ ਦਾ ਉਤਸਾਹ, ਭਯਾਨਕਰਸ ਦਾ ਭਯ, ਬੀਭਤਸਰਸ ਦਾ ਗਲਾਨਿ, ਅਦਭੁਤਰਸ ਦਾ ਵਿਸਮਯ (ਆਸ਼ਚਰਯ) ਅਤੇ ਸ਼ਾਂਤਰਸ ਦਾ ਸਥਾਈ ਭਾਵ ਵੈਰਾਗ੍ਯ (ਨਿਰਵੇਦ) ਹੈ.#(ਸ) ਵਿਭਾਵ ਅਨੁਭਾਵ ਦੇ ਅਸਰ ਤੋਂ ਉਤਪੰਨ ਹੋਈ ਕ੍ਰਿਯਾ ਦਾ ਨਾਮ ਸਾਤ੍ਤਿਕ ਭਾਵ ਹੈ, ਯਥਾ- ਰੋਮਾਂਚ, ਪਸੀਨਾ, ਕਾਂਬਾ, ਅੰਝੂ, ਸ੍ਵਰਭੰਗ ਆਦਿਕ.#(ਹ) ਜੋ ਭਾਵ ਅਨੇਕ ਰਸਾਂ ਵਿੱਚ ਵਰਤੇ ਅਤੇ ਇੱਕ ਰਸ ਵਿੱਚ ਹੀ ਇਸਥਿਤ ਨਾ ਰਹੇ, ਉਸ ਦਾ ਨਾਮ ਵ੍ਯਭਿਚਾਰੀ (ਅਥਵਾ ਸੰਚਾਰੀ) ਭਾਵ ਹੈ, ਯਥਾ- ਆਲਸ, ਚਿੰਤਾ, ਸ੍ਵਪਨ, ਮਸ੍ਤੀ, ਨੀਂਦ ਦਾ ਉੱਚਾਟ ਅਤੇ ਵਿਵਾਦ ਆਦਿਕ ਹਨ.
Source: Mahankosh

Shahmukhi : بھاوَ

Parts Of Speech : noun, masculine

Meaning in English

underlying meaning or idea, import, sense, drift of thought; gist, purport; purpose, object; feeling, sentiment, emotion, passion, sensibility, affection
Source: Punjabi Dictionary