ਅਮਰੀਕਾ ਵੱਲੋਂ 205 ਗੈਰ-ਕਾਨੂੰਨੀ ਭਾਰਤੀਆਂ ਦੀ ਵਾਪਸੀ: ਫੌਜੀ ਜਹਾਜ਼ ਰਾਹੀਂ ਡਿਪੋਰਟੇਸ਼ਨ

ਅਮਰੀਕਾ ਵੱਲੋਂ 205 ਗੈਰ-ਕਾਨੂੰਨੀ ਭਾਰਤੀਆਂ ਦੀ ਵਾਪਸੀ: ਫੌਜੀ ਜਹਾਜ਼ ਰਾਹੀਂ ਡਿਪੋਰਟੇਸ਼ਨ

ਅਮਰੀਕਾ ਵੱਲੋਂ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰਕੇ ਭਾਰਤ ਭੇਜਿਆ ਜਾ ਰਿਹਾ ਹੈ। ਇਹ ਭਾਰਤੀ ਪ੍ਰਵਾਸੀ  ਸੀ-17 ਗਲੋਬਮਾਸਟਰ ਫੌਜੀ ਜਹਾਜ਼ ਰਾਹੀਂ ਅੰਮ੍ਰਿਤਸਰ ਹਵਾਈ ਅੱਡੇ 'ਤੇ ਬੁੱਧਵਾਰ ਸਵੇਰੇ 9 ਵਜੇ ਦੇ ਕਰੀਬ ਪਹੁੰਚ ਜਾਣਗੇ। ਇਹ ਜਾਣਕਾਰੀ ਅਮਰੀਕੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ।

ਡਿਪੋਰਟ ਹੋਣ ਵਾਲੇ ਲੋਕਾਂ ਵਿੱਚ ਜ਼ਿਆਦਾਤਰ ਪੰਜਾਬ ਅਤੇ ਉਨ੍ਹਾਂ ਦੇ ਗੁਆਂਢੀ ਰਾਜਾਂ ਦੇ ਰਹਿਣ ਵਾਲੇ ਹਨ। ਡੋਨਾਲਡ ਟਰੰਪ ਦੇ ਰਾਸ਼ਟਰਪਤੀ ਵਜੋਂ ਦੂਜੇ ਕਾਰਜਕਾਲ ਦੌਰਾਨ ਇਹ ਪਹਿਲੀ ਵਾਰ ਹੋ ਰਿਹਾ ਹੈ ਕਿ ਅਮਰੀਕਾ ਵਲੋਂ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਦੀ ਵੱਡੀ ਗਿਣਤੀ ਵਿੱਚ ਵਾਪਸੀ ਹੋ ਰਹੀ ਹੈ।

ਸੀ-17 ਗਲੋਬਮਾਸਟਰ ਫੌਜੀ ਜਹਾਜ਼ ਜਰਮਨੀ ਦੇ ਰਾਮਸਟਾਈਨ ਹਵਾਈ ਅੱਡੇ 'ਤੇ ਈਂਧਨ ਭਰਣ ਤੋਂ ਬਾਅਦ ਭਾਰਤ ਲਈ ਰਵਾਨਾ ਹੋਵੇਗਾ। ਇਹ ਪਹਿਲੀ ਵਾਰ ਹੈ ਕਿ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਡਿਪੋਰਟ ਕਰਨ ਲਈ ਅਮਰੀਕਾ ਵਪਾਰਕ ਜਹਾਜ਼ ਦੀ ਬਜਾਏ ਫੌਜੀ ਜਹਾਜ਼ ਦੀ ਵਰਤੋਂ ਕਰ ਰਿਹਾ ਹੈ।

ਅਮਰੀਕੀ ਸਰਕਾਰ ਦਾ ਰੁਖ

ਨਵੀਂ ਦਿੱਲੀ ਵਿੱਚ ਅਮਰੀਕੀ ਦੂਤਾਵਾਸ ਦੇ ਬੁਲਾਰੇ ਨੇ ਕਿਹਾ ਕਿ ਸੰਯੁਕਤ ਰਾਜ ਅਮਰੀਕਾ ਇੰਮੀਗ੍ਰੇਸ਼ਨ ਨੀਤੀਆਂ ਨੂੰ ਸਖ਼ਤੀ ਨਾਲ ਲਾਗੂ ਕਰ ਰਿਹਾ ਹੈ ਅਤੇ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਵੱਡੇ ਪੱਧਰ 'ਤੇ ਕਾਰਵਾਈਆਂ ਹੋ ਰਹੀਆਂ ਹਨ। ਉਨ੍ਹਾਂ ਕਿਹਾ, "ਇਹ ਕਾਰਵਾਈ ਇੱਕ ਸਪੱਸ਼ਟ ਸੰਦੇਸ਼ ਦਿੰਦੀ ਹੈ ਕਿ ਗੈਰ-ਕਾਨੂੰਨੀ ਪ੍ਰਵਾਸ ਲਈ ਅਮਰੀਕਾ ਵਿਚ ਕੋਈ ਥਾਂ ਨਹੀਂ।"

ਨਵੰਬਰ 2024 ਵਿੱਚ, ਅਮਰੀਕਾ ਨੇ 18,000 ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਦੀ ਇੱਕ ਸੂਚੀ ਤਿਆਰ ਕੀਤੀ ਸੀ, ਜਿਨ੍ਹਾਂ ਨੂੰ ਭਾਰਤ ਭੇਜਿਆ ਜਾਣਾ ਸੀ। ਇਸਦੇ ਤਹਿਤ ਹੁਣ ਤੱਕ 5,000 ਤੋਂ ਵੱਧ ਪ੍ਰਵਾਸੀਆਂ ਨੂੰ ਵੱਖ-ਵੱਖ ਉਡਾਣਾਂ ਰਾਹੀਂ ਐਲ ਪਾਸੋ, ਟੈਕਸਾਸ ਅਤੇ ਸੈਨ ਡਿਏਗੋ, ਕੈਲੀਫੋਰਨੀਆ ਤੋਂ ਡਿਪੋਰਟ ਕੀਤਾ ਜਾ ਚੁੱਕਾ ਹੈ।

ਭਾਰਤੀ ਸਰਕਾਰ ਦੀ ਪ੍ਰਤੀਕ੍ਰਿਆ

ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਅਮਰੀਕੀ ਪ੍ਰਸ਼ਾਸਨ ਨੂੰ ਇੰਮੀਗ੍ਰੇਸ਼ਨ ਮਾਮਲਿਆਂ ਉੱਤੇ ਭਾਰਤ ਦੇ ਰੁਖ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਭਾਰਤ ਗੈਰ-ਕਾਨੂੰਨੀ ਪ੍ਰਵਾਸ ਦਾ ਵਿਰੋਧ ਕਰਦਾ ਹੈ, ਪਰ ਉਹ ਕਾਨੂੰਨੀ ਗਤੀਸ਼ੀਲਤਾ ਦੀ ਹਮਾਇਤ ਕਰਦਾ ਹੈ। ਉਨ੍ਹਾਂ ਕਿਹਾ, "ਅਸੀਂ ਚਾਹੁੰਦੇ ਹਾਂ ਕਿ ਭਾਰਤੀ ਯੁਵਾ ਵਿਦੇਸ਼ਾਂ ਵਿੱਚ ਮੌਕੇ ਪ੍ਰਾਪਤ ਕਰਨ, ਪਰ ਗੈਰ-ਕਾਨੂੰਨੀ ਤਰੀਕਿਆਂ ਦਾ ਭਾਰਤ ਸਮਰਥਨ ਨਹੀਂ ਕਰਦਾ।"

ਪੰਜਾਬ ਦੇ ਐਨ.ਆਰ.ਆਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅਮਰੀਕਾ ਵਲੋਂ ਭਾਰਤੀਆਂ ਦੀ ਡਿਪੋਰਟੇਸ਼ਨ 'ਤੇ ਤਿੱਖੀ ਪ੍ਰਤੀਕ੍ਰਿਆ ਦਿੰਦਿਆਂ ਕਿਹਾ ਕਿ ਅਮਰੀਕਾ ਸਰਕਾਰ ਗੈਰ ਕਾਨੂੰਨੀ ਭਾਰਤੀਆਂ ਨੂੰ ਡਿਪੋਰਟ ਕਰਕੇ ਗਲਤ ਕਰ ਰਹੀ ਹੈ। ਟਰੰਪ ਨੂੰ ਅਜਿਹਾ ਨਹੀਂ ਕਰਨਾ ਚਾਹੀਦਾ ਕਿ ਪ੍ਰਵਾਸੀਆਂ ਨੂੰ ਇਸ ਤਰ੍ਹਾਂ ਜਹਾਜ਼ਾਂ ਵਿੱਚ ਲੱਦ ਕੇ ਵਾਪਿਸ ਨਾ ਭੇਜਿਆ ਜਾਵੇ। ਖ਼ਾਸਕਰ ਪੰਜਾਬੀਆਂ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਦੇ ਵਧੇਰੇ ਨੌਜਵਾਨਾਂ ਨੂੰ ਅਮਰੀਕਾ ਸਰਕਾਰ ਨੇ ਜੇਲ੍ਹਾਂ ਵਿਚ ਡੱਕ ਦਿੱਤਾ ਹੈ ਜਾਂ ਫਿਰ ਡਿਪੋਰਟ ਕੀਤਾ ਹੈ। ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਵਾਪਿਸ ਭੇਜਣ ਦੀ ਥਾਂ ਉਨ੍ਹਾਂ ਨੂੰ ਉੱਥੇ ਰਹਿ ਕੇ ਸੈੱਟ ਹੋਣ ਦਾ ਮੌਕਾ ਦੇਣਾ ਚਾਹੀਦਾ ਹੈ।

ਅਮਰੀਕਾ ਵੱਲੋਂ ਫੌਜੀ ਜਹਾਜ਼ ਰਾਹੀਂ ਕਾਰਵਾਈ

ਅਮਰੀਕਾ ਵਿੱਚ 15 ਲੱਖ ਗੈਰ-ਕਾਨੂੰਨੀ ਪ੍ਰਵਾਸੀਆਂ ਦੀ ਪਛਾਣ ਕੀਤੀ ਗਈ ਹੈ। ਫੌਜੀ ਜਹਾਜ਼ਾਂ ਦੀ ਵਰਤੋਂ ਕਰਕੇ ਗੁਆਟੇਮਾਲਾ, ਪੇਰੂ, ਹੋਂਡੁਰਾਸ ਆਦਿ ਦੇਸ਼ਾਂ ਤੱਕ ਪ੍ਰਵਾਸੀਆਂ ਨੂੰ ਭੇਜਿਆ ਜਾ ਰਿਹਾ ਹੈ। ਹੁਣ ਭਾਰਤ ਲਈ ਵੀ ਇਹ ਯੋਜਨਾ ਲਾਗੂ ਹੋ ਰਹੀ ਹੈ। ਇਸੇ ਸਬੰਧ ਵਿੱਚ, ਅਮਰੀਕਾ ਨੇ ਸੀ-17 ਫੌਜੀ ਜਹਾਜ਼ ਰਾਹੀਂ 205 ਭਾਰਤੀ ਨਾਗਰਿਕਾਂ ਨੂੰ ਭਾਰਤ ਭੇਜਣ ਦਾ ਫੈਸਲਾ ਲਿਆ।

ਟਰੰਪ ਪ੍ਰਸ਼ਾਸਨ ਦੀ ਨਵੀਂ ਇੰਮੀਗ੍ਰੇਸ਼ਨ ਨੀਤੀ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਚੋਣੀ ਵਾਅਦਿਆਂ ਦੇ ਤਹਿਤ ਗੈਰ-ਕਾਨੂੰਨੀ ਪ੍ਰਵਾਸੀਆਂ ਖਿਲਾਫ ਸਖ਼ਤ ਕਾਰਵਾਈ ਸ਼ੁਰੂ ਕੀਤੀ ਹੈ। ਉਨ੍ਹਾਂ ਨੇ ਕਿਹਾ, ਅਸੀਂ ਅਮਰੀਕਾ ਦੇ ਇਤਿਹਾਸ ਦੀ ਸਭ ਤੋਂ ਵੱਡੀ ਡਿਪੋਰਟੇਸ਼ਨ ਯੋਜਨਾ ਸ਼ੁਰੂ ਕਰ ਰਹੇ ਹਾਂ।

ਇਸ ਦੇ ਨਾਲ, ਭਾਰਤੀ ਸਰਕਾਰ ਉੱਤੇ ਗੈਰ-ਕਾਨੂੰਨੀ ਪ੍ਰਵਾਸ ਨੂੰ ਰੋਕਣ ਲਈ ਵਧੇਰੇ ਦਬਾਅ ਬਣੇਗਾ। ਪੰਜਾਬ ਅਤੇ ਹੋਰ ਰਾਜਾਂ ਵਿੱਚ ਲੋਕ ਇਹ ਵੀ ਸੋਚ ਰਹੇ ਹਨ ਕਿ ਕੀ ਭਵਿੱਖ ਵਿੱਚ ਹੋਰ ਭਾਰਤੀਆਂ ਨੂੰ ਵੀ ਅਮਰੀਕਾ ਵਲੋਂ ਡਿਪੋਰਟ ਕੀਤਾ ਜਾ ਸਕਦਾ ਹੈ। ਉਮੀਦ ਕਰਦੇ ਹਾਂ ਕਿ ਭਵਿੱਖ ਵਿੱਚ ਭਾਰਤੀ ਨੌਜਵਾਨਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਵਿਦੇਸ਼ਾਂ ਵਿੱਚ ਨਹੀਂ ਜਾਣਾ ਚਾਹੀਦਾ।

Gurpreet | 05/02/25
Ad Section
Ad Image

ਸੰਬੰਧਿਤ ਖ਼ਬਰਾਂ