ਇਸ ਮੁਲਕ ਦੀ ਵੰਡ ਕੋਲੋਂ ਯਾਰੋ

ਇਸ ਮੁਲਕ ਦੀ ਵੰਡ ਕੋਲੋਂ ਯਾਰੋ,

ਖੋਏ ਤੁਸੀਂ ਵੀ ਹੋ, ਖੋਏ ਅਸੀਂ ਵੀ ਹਾਂ।

ਭਾਵੇਂ ਮੂੰਹੋਂ ਨਾ ਕਹੀਏ ਪਰ ਵਿਚੋਂ ਵਿੱਚੀ,

ਖੋਏ ਤੁਸੀਂ ਵੀ ਓ, ਖੋਏ ਅਸੀਂ ਵੀ ਆਂ।

ਇਨ੍ਹਾਂ ਆਜ਼ਾਦੀਆਂ ਹੱਥੋਂ ਬਰਬਾਦ ਹੋਣਾ,

ਹੋਏ ਤੁਸੀਂ ਵੀ ਓ, ਹੋਏ ਅਸੀਂ ਵੀ ਆਂ।

ਕੁੱਝ ਉਮੀਦ ਜਿੰਦਗੀ ਮਿਲ ਜਾਏਗੀ,

ਮੋਏ ਤੁਸੀਂ ਵੀ ਓ, ਮੋਏ ਅਸੀਂ ਵੀ ਆਂ।

ਜਿਉਂਦੀ ਜਾਨ ਮੌਤ ਦੇ ਮੂੰਹ ਅੰਦਰ,

ਢੋਏ ਤੁਸੀਂ ਵੀ ਓ, ਢੋਏ ਅਸੀਂ ਵੀ ਆਂ।

ਜਾਗਣ ਵਾਲਿਆਂ ਰੱਜ ਕੇ ਲੁੱਟਿਆ ਏ,

ਸੋਏ ਤੁਸੀਂ ਵੀ ਓ, ਸੋਏ ਅਸੀਂ ਵੀ ਆਂ।

ਲਾਲੀ ਅੱਖੀਆਂ ਦੀ ਪਈ ਦਸਦੀ ਏ,

ਰੋਏ ਤੁਸੀਂ ਵੀ ਓ, ਰੋਏ ਅਸੀਂ ਵੀ ਆਂ।

📝 ਸੋਧ ਲਈ ਭੇਜੋ