ਵਾਰਸ ਬੁੱਲ੍ਹੇ ਵਰਗੇ ਬੈਠੇ

ਵਾਰਸ, ਬੁੱਲ੍ਹੇ ਵਰਗੇ ਬੈਠੇ, ਹੰਸ ਵਿਸਾਰ ਪੰਜਾਬੀ ਨੇ

ਕਿਸਰਾਂ ਆਖਾਂ ਮਾਂ ਬੋਲੀ ਦੇ 'ਬਰਖ਼ੁਰਦਾਰ' ਪੰਜਾਬੀ ਨੇ

ਬਾਲਾਂ ਦੇ ਮੂੰਹ ਜਿਹੜੇ ਅੱਖਰ ਚੋਗੇ ਵਾਂਗੂੰ ਦੇਣੇ ਸਨ,

ਉਹਨਾਂ ਬਦਲੇ ਫੜ-ਫੜ ਓਬੜ ਤੁੰਨਦੇ ਯਾਰ ਪੰਜਾਬੀ ਨੇ

ਅਚਣਚੇਤੀ ਵੀ ਨਾ ਲਾਵੀਂ ਮੇਰੇ ਮੱਥੇ ਉਹਨਾਂ ਨੂੰ,

ਜਿਹੜੇ ਵੀ ਇਸ ਧਰਤੀ ਉੱਤੇ ਬਦਬੂਦਾਰ ਪੰਜਾਬੀ ਨੇ

ਓਧਰ ਓਧਰ ਕਰਾਂ ਸਲਾਮਾਂ ਦਿਲ ਦੀ ਦੁਨੀਆਂ ਕਹਿੰਦੀ ਏ,

ਜਿੱਧਰ ਜਿੱਧਰ ਜਾਂਦੇ ਮੇਰੇ ਬਾਕਿਰਦਾਰ ਪੰਜਾਬੀ ਨੇ

ਕੰਡ ਕਦੇ ਨਾ ਲੱਗੇ ਰੱਬਾ ਵਿੱਚ ਮੈਦਾਨੇ ਉਹਨਾਂ ਦੀ,

ਜਿਹੜੇ ਆਪਣੀ ਮਾਂ ਬੋਲੀ ਦੇ ਖ਼ਿਦਮਤਗਾਰ ਪੰਜਾਬੀ ਨੇ

ਖ਼ਵਾਜਾ 'ਫ਼ਰੀਦ', ਮੁਹੰਮਦ, ਵਾਰਸ, ਨਾਨਕ, ਬੁੱਲ੍ਹਾ, ਬਾਹੂ, ਲਾਲ,

ਇਹ ਪੰਜਾਬੀ ਉੱਚੇ ਸੁੱਚੇ, ਇਹ ਸਰਦਾਰ ਪੰਜਾਬੀ ਨੇ

ਆਪਣੀ ਬੋਲੀ ਬੋਲਣ ਵੇਲ਼ੇ ਜਿਹਨਾਂ ਦਾ ਸਾਹ ਘੁੱਟਦਾ ਏ,

'ਬਾਬਾ ਨਜਮੀ' ਦੇ ਦੇ ਫ਼ਤਵਾ, ਉਹ ਗ਼ੱਦਾਰ ਪੰਜਾਬੀ ਨੇ

📝 ਸੋਧ ਲਈ ਭੇਜੋ